ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, 14 ਜਨਵਰੀ ਨੂੰ ਮਾਘੀ ਦੇ ਮੇਲੇ ਮੌਕੇ ਨਵੀਂ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦਾ ਗਠਨ ਕੀਤਾ ਗਿਆ ਸੀ। ਜਿਸ ਉਪਰੰਤ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਹੋਰ ਸਾਥੀਆਂ ਤੇ ਸੰਗਤਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਕਰਵਾਈ ਗਈ। ਜਾਣਕਾਰੀ ਅਨੁਸਾਰ ਇਸ ਪਾਰਟੀ ਦੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਦਫ਼ਤਰ ਸਥਾਪਿਤ ਕੀਤੇ ਜਾਣਗੇ। ਨਾਲ ਹੀ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਸਾਡੇ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਸੁਰੱਖਿਆ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਸੀਂ ਪਾਰਟੀ ਦੀ ਸੱਤ ਮੈਂਬਰੀ ਸੰਵਿਧਾਨ ਅਤੇ ਏਜੰਡਾ ਕਮੇਟੀ ਬਣਾਈ ਹੈ ਜੋ ਪਾਰਟੀ ਦੇ ਸੰਵਿਧਾਨ ਦਾ ਫ਼ੈਸਲਾ ਕਰੇਗੀ।